ਡਿਪਟੀ ਕਮਿਸ਼ਨਰ ਵੱਲੋਂ ਬਾਗਾਂ ਦਾ ਦੌਰਾ, ਵਿਭਾਗ ਨੂੰ ਇਕ ਹਫ਼ਤੇ ਵਿਚ ਰਿਪੋਰਟ ਦੇਣ ਲਈ ਕਿਹਾ
ਫਾਜ਼ਿਲਕਾ/ਅਬੋਹਰ-( ਸੁਨੀਲ ਕੁਮਾਰ)- ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਉਨ੍ਹਾਂ ਦੇ ਬਾਗਾਂ ਦਾ ਦੌਰਾ ਕਰਨ ਸਬੰਧੀ ਦਿੱਤੇ ਵਾਅਦੇ ਅਨੁਸਾਰ ਅੱਜ ਅਬੋਹਰ ਉਪਮੰਡਲ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਬਾਗਾਂ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਦੇ ਨਾਲ ਬਾਗਬਾਨੀ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ। ਕਿਸਾਨਾਂ ਨੇ ਦੱਸਿਆ ਕਿ ਗਰਮੀ ਅਤੇ ਪਾਣੀ ਦੀ ਘਾਟ ਕਾਰਨ ਇਸ ਵਾਰ ਬਾਗਾਂ ਨੂੰ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਬਾਗਬਾਨੀ ਵਿਭਾਗ ਨੂੰ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਇਕ ਹਫਤੇ ਵਿਚ ਵਿਸਥਾਰਤ ਰਿਪੋਰਟ ਦੇਣ ਲਈ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਚਾਨਕ ਨਹਿਰ ਟੁੱਟ ਜਾਣ ਕਾਰਨ ਕਿਸਾਨਾਂ ਨੂੰ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਦੌਰਾਨ ਨਹਿਰੀ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਅੱਜ ਪਿੰਡ ਉਸਮਾਨ ਖੇੜਾ, ਗਿੱਦੜਾਂਵਾਲੀ, ਪੰਨੀਵਾਲੀ ਆਦਿ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਾਗਬਾਨੀ ਸਬੰਧੀ ਹਰ ਤਕਨੀਕੀ ਜਾਣਕਾਰੀ ਸਮੇਂ ਸਮੇਂ ਸਿਰ ਦਿੰਦੇ ਰਹਿਣ।